ਜਲੰਧਰ : ਲੋਕ ਸਭਾ ਚੌਣਾਂ ਵਿੱਚ ਜਲੰਧਰ ਦੀ ਸੀਟ ਸਬ ਤੋਂ ਚਰਚਾ ਦਾ ਵਿਸ਼ੇ ਬਾਣੀ ਹੋਈ ਹੈ। ਬਾਕੀ ਸਬ ਪਾਰਟੀਆਂ ਵਾਂਗ ਬਸਪਾ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਵੀ ਚੌਣ ਪ੍ਰਚਾਰ ਵਿੱਚ ਰੁੱਝੇ ਹੋਏ ਨੇ। ਅੱਜ ਨਕੋਦਰ ਦੇ ਪਿੰਡ ਬਾਠਾਂ ’ਚ ਇੱਕ ਵੱਡਾ ਇਕੱਠ ਰੱਖਿਆ ਗਿਆ ਜਿਸ ਦੌਰਾਨ ਬਸਪਾ ਦੇ ਜਲੰਧਰ ਲੋਕਸਭਾ ਸੀਟ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਨ੍ਹਾਂ ਦਾ ਲੋਕਾਂ ਨੇ ਨੋਟਾਂ ਦੇ ਹਾਰ ਪਾ ਕੇ ਸਵਾਗਤ ਕੀਤਾ। ਇਸ ਦੌਰਾਨ ਲੋਕਾਂ ਨੇ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਜਲੰਧਰ ਲੋਕਸਭਾ ਸੀਟ ਤੋਂ ਜਿਤਾਉਣ ਦਾ ਸੰਕਲਪ ਲਿਆ।
ਇਸ ਮੌਕੇ ਸੰਬੋਧਨ ਕਰਦੇ ਹੋਏ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸੱਤਾ ’ਚ ਰਹੀਆਂ ਪਾਰਟੀਆਂ ਨੇ ਲੋਕਾਂ ਨਾਲ ਰਿਸ਼ਤਾ ਸਿਰਫ ਵੋਟਾਂ ਤੱਕ ਹੀ ਸੀਮਤ ਰੱਖਿਆ ਹੈ। ਇਨ੍ਹਾਂ ਨੇ ਕਦੇ ਵੀ ਲੋਕਾਂ ਨੂੰ ਚੰਗਾ ਪ੍ਰਬੰਧ ਦੇਣ ਪ੍ਰਤੀ ਗੰਭੀਰਤਾ ਨਹੀਂ ਦਿਖਾਈ।
ਇਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਦੀ ਅਣਦੇਖੀ ਕਰਕੇ ਹੀ ਅੱਜ ਲੋਕ ਮਹਿੰਗਾਈ, ਬੇਰੁਜ਼ਗਾਰੀ, ਅਨਪੜ੍ਹਤਾ, ਅਨਿਆਂ ਤੇ ਆਰਥਿਕ ਬਦਹਾਲੀ ਵਰਗੀਆਂ ਮੁਸ਼ਕਿਲਾਂ ’ਚ ਘਿਰੇ ਨਜ਼ਰ ਆਉਂਦੇ ਹਨ। ਇਨ੍ਹਾਂ ਪਾਰਟੀਆਂ ਦੀਆਂ ਮਾੜੀਆਂ ਨੀਤੀਆਂ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਨਿਰਾਸ਼ ਕੀਤਾ ਹੈ। ਇਸੇ ਕਰਕੇ ਲੋਕ ਇਨ੍ਹਾਂ ਨੂੰ ਹੁਣ ਮੂੰਹ ਨਹੀਂ ਲਗਾਉਣਗੇ। ਐਡਵੋਕੇਟ ਬਲਵਿੰਦਰ ਕੁਮਾਰ ਨੇ ਅਪੀਲ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਉਨ੍ਹਾਂ ਨੂੰ ਜਿਤਾ ਕੇ ਇੱਕ ਮੌਕਾ ਜ਼ਰੂਰ ਦੇਣ, ਉਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।