ਸੋਸ਼ਲ ਦਿਸ਼ਾ ਟੁਡੇ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਹੈ। ਇਸ ਵਾਰ ਉਸ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਬੇਨਤੀ ਕੀਤੀ ਹੈ। ਕੇਜਰੀਵਾਲ ਨੇ ਪਟੀਸ਼ਨ ‘ਚ ਆਪਣੀ ਸਿਹਤ ਦੇ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅੰਤਰਿਮ ਜ਼ਮਾਨਤ 7 ਦਿਨਾਂ ਤੱਕ ਵਧਾਉਣ ਦੀ ਮੰਗ ਕੀਤੀ ਹੈ।
ਸੁਪਰੀਮ ਕੋਰਟ ‘ਚ ਦਾਇਰ ਆਪਣੀ ਪਟੀਸ਼ਨ ‘ਚ ਪਾਰਟੀ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਪੀਈਟੀ-ਸੀਟੀ ਸਕੈਨ ਦੇ ਨਾਲ-ਨਾਲ ਕੁਝ ਹੋਰ ਟੈਸਟ ਵੀ ਕਰਵਾਉਣੇ ਪੈਣਗੇ। ਇਸ ਸਬੰਧੀ ਕੇਜਰੀਵਾਲ ਨੇ ਆਪਣੀ ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ। ਅਰਵਿੰਦ ਕੇਜਰੀਵਾਲ ਇਸ ਸਮੇਂ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਅੰਤਰਿਮ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਹਨ। ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ। ਇਸ ਕਾਰਨ 1 ਜੂਨ ਨੂੰ ਆਖਰੀ ਪੜਾਅ ਦੀ ਵੋਟਿੰਗ ਤੋਂ ਬਾਅਦ ਅਗਲੇ ਦਿਨ ਯਾਨੀ 2 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ ‘ਚ ਆਤਮ ਸਮਰਪਣ ਕਰਨ ਦਾ ਹੁਕਮ ਹੈ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਪਹਿਲਾਂ ਈਡੀ ਵੱਲੋਂ ਕੇਜਰੀਵਾਲ ਨੂੰ 10 ਨੋਟਿਸ ਵੀ ਜਾਰੀ ਕੀਤੇ ਗਏ ਸਨ। ਪਰ ਜਵਾਬ ਨਾ ਦੇਣ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਸ਼ਰਾਬ ਘੁਟਾਲੇ ਵਿੱਚ ਕਥਿਤ ਬੇਨਿਯਮੀਆਂ ਲਈ ਇਸ ਵੇਲੇ ਕੇਜਰੀਵਾਲ ਦੀ ਜਾਂਚ ਕੀਤੀ ਜਾ ਰਹੀ ਹੈ।



