ਸਾਬਕਾ ਸੰਸਦ ਮੈਂਬਰ ਨੇ ਪੰਜਾਬ ‘ਚ ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਟੇਕਿਆ ਮੱਥਾ
ਸ੍ਰੀ ਦੇਵੀ ਤਾਲਾਬ ਮੰਦਿਰ, ਡੇਰਾ ਸੱਚਖੰਡ ਬੱਲਾ ਅਤੇ ਗੁਰਦੁਆਰਾ ਸਾਹਿਬ ਵਿੱਚ ਲਗਵਾਈ ਹਾਜ਼ਰੀ
ਜਲੰਧਰ (ਦਿਸ਼ਾ ਸੇਠੀ): ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸਰਬ ਧਰਮ ਸਮਾਜ ਦਾ ਸੰਦੇਸ਼ ਦਿੰਦੇ ਹੋਏ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਅਤੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਨਾਂ ‘ਤੇ ਰੱਖਣ ਦਾ ਮਾਮਲਾ ਜਲਦ ਹੀ ਹੱਲ ਕਰ ਲਿਆ ਜਾਵੇਗਾ ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਜਲਦੀ ਹੱਲ ਕਰਨ ਲਈ ਵਚਨਬੱਧ ਹੈ। ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਡੇਰਾ ਸੱਚਖੰਡ ਬੱਲਾਂ, ਸ਼੍ਰੀ ਦੇਵੀ ਤਾਲਾਬ ਮੰਦਿਰ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਸੋਚਦੀ ਹੈ।
ਇਸ ਦੌਰਾਨ ਉਹ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ਮਿਲੇ ਅਤੇ ਡੇਰੇ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਨੇ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀਦੇਵੀ ਤਾਲਾਬ ਮੰਦਿਰ ਸਥਿਤ ਮਾਤਾ ਤ੍ਰਿਪੁਰਾਮਾਲਿਨੀ ਦੇ ਦਰਬਾਰ ‘ਚ ਮੱਥਾ ਟੇਕਿਆ ਅਤੇ ਫਿਰ ਮਾਡਲ ਟਾਊਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਹੁੰਚ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |
ਇਸ ਮੌਕੇ ਭਾਜਪਾ ਆਗੂ ਕੇਡੀ ਭੰਡਾਰੀ, ਅਸ਼ੋਕ ਸਰੀਨ ਹਿੱਕੀ, ਭੁਪਿੰਦਰ ਸਿੰਘ ਜੌਲੀ, ਅਮਰਜੀਤ ਅਮਰੀ, ਹਰਜਿੰਦਰ ਲਾਡਾ, ਕੁਲਵੰਤ ਸ਼ਰਮਾ, ਸੌਰਭ ਸ਼ਰਮਾ, ਅਜੈ ਚੋਪੜਾ, ਅਰਜੁਨ ਤ੍ਰੇਹਨ ਅਤੇ ਬ੍ਰਿਜਮੋਹਨ ਗੁਪਤਾ ਵੀ ਹਾਜ਼ਰ ਸਨ।