ਜਲੰਧਰ (ਹਰੀਸ਼): ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਰਿੰਕੂ ਨੇ ਸ਼ਨੀਵਾਰ ਨੂੰ ਆਪਣੇ ਦਫਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੇ ਨਾਲ ਹੀ ਰਿੰਕੂ ਨੇ ਵਰਕਰਾਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਲਟਕਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਰਣਨੀਤੀ ਬਣਾਈ।
ਸੁਸ਼ੀਲ ਰਿੰਕੂ ਨੇ ਕਿਹਾ ਕਿ ਜਲੰਧਰ ਸ਼ਹਿਰ ਵਿੱਚ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਖਾਸ ਕਰਕੇ ਸਮਾਰਟ ਸਿਟੀ ਦਾ ਕੰਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਕਾਰਨ ਆਮ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸਰਫੇਸ ਵਾਟਰ ਪ੍ਰਾਜੈਕਟ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਗਿਆ ਹੈ। ਜਿੱਥੇ ਟੋਏ ਪੁੱਟੇ ਗਏ ਸਨ, ਉਹ ਵੀ ਨਹੀਂ ਭਰੇ ਗਏ, ਜਿਸ ਕਾਰਨ ਮੀਂਹ ਦੌਰਾਨ ਲੋਕ ਇਨ੍ਹਾਂ ਵਿੱਚ ਡਿੱਗ ਕੇ ਜ਼ਖ਼ਮੀ ਹੋ ਰਹੇ ਹਨ।
ਸੁਸ਼ੀਲ ਰਿੰਕੂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਫੋਨ ਆ ਰਹੇ ਹਨ। ਕਈ ਥਾਵਾਂ ’ਤੇ ਸੜਕਾਂ ਟੁੱਟੀਆਂ ਹੋਈਆਂ ਹਨ ਤੇ ਕਈ ਥਾਵਾਂ ’ਤੇ ਗੰਦਾ ਪਾਣੀ ਆ ਰਿਹਾ ਹੈ। ਸੀਵਰੇਜ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰ ਭਰ ਰਿਹਾ ਹੈ। ਰਿੰਕੂ ਨੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਬਾਰੇ ਨਿਗਮ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ ਸੀ ਪਰ ਨਿਗਮ ਅਧਿਕਾਰੀਆਂ ਨੇ ਕੋਈ ਕੰਮ ਨਹੀਂ ਕੀਤਾ।
ਸੁਸ਼ੀਲ ਰਿੰਕੂ ਨੇ ਨਿਗਮ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਮੀਂਹ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀ ਫੀਲਡ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ।

