ਗੁਰਪ੍ਰੀਤ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਜਲੰਧਰ (ਦਿਸ਼ਾ ਸੇਠੀ) : ਖੇਡ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਨੇ ਅੱਜ ਜ਼ਿਲ੍ਹਾ ਖੇਡ ਅਫ਼ਸਰ ਜਲੰਧਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜਲੰਧਰ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਠੋਸ ਉਪਰਾਲੇ ਕਰਨਗੇ ਤਾਂ ਜੋ ਜ਼ਿਲ੍ਹੇ ਵਿੱਚ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤਾ ਜਾ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਸਟਾਫ਼ ਨਾਲ ਮੀਟਿੰਗ ਕਰਦਿਆਂ ਕੋਚਾਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ।
ਇਸ ਤੋਂ ਪਹਿਲਾਂ ਤੈਰਾਕੀ ਕੋਚ ਉਮੇਸ਼ ਸ਼ਰਮਾ, ਐਥਲੈਟਿਕਸ ਕੋਚ ਬਿਕਰਮਜੀਤ ਸਿੰਘ ਤੇ ਸਰਬਜੀਤ ਸਿੰਘ, ਕਲਰਕ ਰਸ਼ਵਿੰਦਰ ਸਿੰਘ ਅਤੇ ਹੋਰਨਾਂ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਦਾ ਨਿੱਘਾ ਸਵਾਗਤ ਕੀਤਾ ਗਿਆ।