ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਜ਼ਿਲ੍ਹੇ ’ਚ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ, ਵਿਕਾਸ ਕਾਰਜਾਂ ਦਾ ਹਰ ਮਹੀਨੇ ਹੋਵੇਗਾ ਰੀਵਿਊ
ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ, ਚੱਲ ਰਹੇ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਹੁਸ਼ਿਆਰਪੁਰ, 27 ਨਵੰਬਰ ( ਦਿਸ਼ਾ ਸੇਠੀ ): ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਭਲਾਈ ਸਕੀਮਾਂ ਅਤੇ ਪ੍ਰਸ਼ਾਸਨਿਕ ਸੇਵਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪੁੱਜਦਾ ਕਰਨ ਅਤੇ ਚੱਲ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਸੁਰਿੰਦਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਮੌਜੂਦਗੀ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮਿਊਂਸਪਲ ਡਿਵੈਲਪਮੈਂਟ ਫੰਡਾਂ, ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ-ਫੇਜ਼ 3, 15ਵੇਂ ਵਿੱਤ ਕਮਿਸ਼ਨ ਦੀਆ ਗ੍ਰਾਂਟਾਂ, ਵਿਕਾਸ ਸਕੀਮਾਂ, ਐਮ.ਪੀ.ਲੈਡ ਪ੍ਰੋਜੈਕਟਾਂ ਅਤੇ ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਚੱਲ ਰਹੇ ਅਤੇ ਸ਼ੁਰੂ ਹੋਣ ਵਾਲੇ ਕਾਰਜਾਂ ਦੀ ਸਮੀਖਿਆ ਕੀਤੀ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਵਿਧਾਇਕਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉਹ ਹਰ ਮਹੀਨੇ ਸਮੀਖਿਆ ਮੀਟਿੰਗ ਵੀ ਕਰਿਆ ਕਰਨਗੇ ਜਿਸ ਵਿਚ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਮਹੀਨਾਵਾਰ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ।
ਜ਼ਿਲ੍ਹੇ ਵਿਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਦਾ ਜਾਇਜ਼ਾ ਲੈਂਦਿਆਂ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਲੋੜੀਂਦੀ ਮੁਰੰਮਤ ਨੂੰ ਜਲਦ ਤੋਂ ਜਲਦ ਯਕੀਨੀ ਬਣਾਇਆ ਜਾਵੇ ਅਤੇ ਆਉਂਦੇ ਧੁੰਦ-ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਚਿੱਟੀਆਂ ਪੱਟੀਆਂ, ਰੇਡੀਅਮ ਇਸ਼ਾਰੇ, ਰਿਫਲੈਕਟਰ ਆਦਿ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪੁਲ ਬਨਾਉਣ, ਕਲਵਲਟ ਆਦਿ ਲਾਉਣ ਤੋਂ ਇਲਾਵਾ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਕੰਮ ਵਿਚ ਵੀ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਵਿਚ ਬਣ ਰਹੀਆਂ ਵੱਖ-ਵੱਖ ਸਰਕਾਰੀ ਬਿਲਡਿੰਗਾਂ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਦੱਸਿਆ ਗਿਆ ਕਿ ਮੁਕੇਰੀਆਂ ਵਿਖੇ ਜੁਡੀਸ਼ੀਅਲ ਕੋਰਟ ਕੰਪਲੈਕਸ, ਹਾਜੀਪੁਰ ਵਿਖੇ ਸਬ-ਤਹਿਸੀਲ ਕੰਪਲੈਕਸ ਅਤੇ ਹੁਸ਼ਿਆਰਪੁਰ ਵਿਖੇ ਜੁਡੀਸ਼ੀਅਲ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਤਿਆਰ ਹੋ ਚੁੱਕੀਆਂ ਹਨ ਜਦਕਿ ਸਰਕਾਰੀ ਡਿਗਰੀ ਕਾਲਜ, ਮੁਖਲਿਆਣਾ ਦਾ ਕਾਰਜ ਜਾਰੀ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਜ਼ਿਲ੍ਹੇ ਵਿਚ ਚੱਲ ਰਹੇ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਦੇ ਕੰਮਾਂ, ਆਵਾਸ ਯੋਜਨਾ, ਮਗਨਰੇਗਾ ਦੇ ਕੰਮਾਂ, ਜਲ ਸਪਲਾਈ ਤੇ ਸੈਨੀਟੇਸ਼ਨ ਕਾਰਜਾ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਦੀ ਰਫ਼ਤਾਰ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੀਵਰੇਜ ਬੋਰਡ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਦਿਆਂ ਹੁਸ਼ਿਆਰਪੁਰ, ਗੜਦੀਵਾਲਾ, ਗੜ੍ਹਸ਼ੰਕਰ, ਮਾਹਿਲਪੁਰ, ਤਲਵਾੜਾ ਆਦਿ ਵਿਖੇ ਚੱਲ ਰਹੇ ਕੰਮਾਂ ਦੀ ਵੀ ਸਮੀਖਿਆ ਕੀਤੀ। ਪੰਜਾਬ ਸਰਕਾਰ ਦੀ ਆਸ਼ੀਰਵਾਦ ਸਕੀਮ ਬਾਰੇ ਦੱਸਿਆ ਗਿਆ ਕਿ ਅਗਸਤ ਮਹੀਨੇ ਤੱਕ ਦੇ ਬਿਨੈਕਾਰਾਂ ਨੂੰ ਜਲਦ ਹੀ ਸਕੀਮ ਤਹਿਤ ਬਣਦੀ ਰਾਸ਼ੀ ਦਾ ਲਾਭ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਉਦਯੋਗ ਵਿਭਾਗ, ਮੱਛੀ ਪਾਲਣ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ।
ਮੀਟਿੰਗ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਵਿਧਾਇਕਾਂ ਨੇ ਆਪਣੇ ਹਲਕਿਆਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਬਾਰੇ ਵੀ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਡਿਪਟੀ ਮੇਅਰ ਪ੍ਰਵੀਨ ਸੈਣੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।