ਮੌਨਸੂਨ ਤੋਂ ਪਹਿਲਾਂ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਦਾ ਕੰਮ ਮੁਕੰਮਲ
ਵੱਖ-ਵੱਖ ਪਿੰਡਾਂ ਦੇ 612 ਛੱਪੜਾਂ ਦੀ ਡੀਵਾਟਰਿੰਗ ਦੇ ਨਾਲ-ਨਾਲ 208 ਛੱਪੜਾਂ ਦੀ ਕੀਤੀ ਗਈ ਡੀ-ਸਿਲਟਿੰਗ
ਕਪੂਰਥਲਾ (ਦਿਸ਼ਾ ਸੇਠੀ) : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵਲੋਂ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ 612 ਛੱਪੜਾਂ ਦੀ ਸਾਫ-ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ 612 ਛੱਪੜਾਂ ਦੀ ਡੀਵਾਟਰਿੰਗ ਦਾ ਕੰਮ ਮੁਕੰਮਲ ਹੋ ਗਿਆ ਹੈ ਦਿਸ ਨਾਲ ਪੂਰੇ ਮਾਨਸੂਨ ਸੀਜ਼ਨ ਦੌਰਾਨ ਛੱਪੜ ਓਵਰਫਲੋ ਨਹੀਂ ਹੋਣਗੇ ।
ਇਸ ਤੋਂ ਇਲਾਵਾ ਛੱਪੜਾਂ ਦੀ ਡੀਸੀਲਟਿੰਗ (ਤਲ ਤੋਂ ਗਾਰ ਕੱਢਣ) ਦਾ ਕੰਮ ਵੀ ਜਾਰੀ ਹੈ। ਜ਼ਿਲ੍ਹੇ ਵਿੱਚ ਇਸ ਵੇਲੇ 208 ਛੱਪੜਾਂ ਦੀ ਡੀਸੀਲਟਿੰਗ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਹੈ ਜਦਕਿ ਅਨੇਕਾਂ ਛੱਪੜ ਥਾਪਰ ਮਾਡਲ ਤਹਿਤ ਬਣੇ ਹੋਣ ਕਰਕੇ ਉਨ੍ਹਾਂ ਦੀ ਡੀ- ਸਿਲਟਿੰਗ ਦੀ ਲੋੜ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਸੀ ਜਿਸ ਤਹਿਤ ਸਾਰੇ ਛੱਪੜਾਂ ਨੂੰ ਖਾਲੀ ਕਰਵਾ ਕੇ ਛੱਪੜਾਂ ਦੀ ਸਫ਼ਾਈ ਲਈ ਲੋੜ ਅਨੁਸਾਰ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਜਿੱਥੇ -ਜਿੱਥੇ ਹੋਰ ਵੀ ਜ਼ਰੂਰਤ ਪਈ ਉੱਥੇ ਛੱਪੜਾਂ ਦੀ ਡੀਸੀਲਟਿੰਗ ਅਤੇ ਰੀਸੀਲਟਿੰਗ ਵੀ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਨਗਰ ਨਿਗਮਾਂ ਨੂੰ ਵੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਥਿਤੀ ਦੀ ਨਿਗਰਾਨੀ ਕਰਦੇ ਹੋਏ ਪਾਣੀ ਦੇ ਓਵਰਫਲੋ ਦੀ ਰੋਕਥਾਮ ਲਈ ਲੋੜੀਂਦੇ ਕਦਮ ਆਪਣੇ ਪੱਧਰ ‘ਤੇ ਹੀ ਚੁੱਕੇ ਜਾਣੇ ਯਕੀਨੀ ਬਣਾਏ ਜਾਣ ਤਾਂ ਜੋ ਪਾਣੀ ਦੇ ਸੁਚਾਰੂ ਵਹਾਅ ਨੂੰ ਨਿਰੰਤਰ ਜਾਰੀ ਰੱਖਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਪਿੰਡਾਂ ਦੇ ਛੱਪੜਾਂ ਨੂੰ ਸਾਫ ਕਰਵਾਉਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਛੱਪੜਾਂ ਵਿੱਚ ਘਰੇਲੂ ਕੂੜਾ ਜਾਂ ਪਲਾਸਟਿਕ ਨਾ ਸੁੱਟ ਨੂੰ ਤਰਜੀਹ ਦੇਣ ਤਾਂ ਜੋ ਪਿੰਡ ਦੇ ਛੱਪੜ/ਟੋਭੇ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ।
ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਵੱਖ – ਵੱਖ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਬੀ ਡੀ ਪੀ ਓਜ ਨੂੰ ਸਮੁੱਚੇ ਕੰਮ ਦੀ ਨਿੱਜੀ ਤੌਰ ਉੱਪਰ ਨਿਗਰਾਨੀ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।

